ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।